ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਾਮਲ ਵਿਅਕਤੀ ਨੂੰ ਟਿਕਟ ਦੇ ਕੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦਾ ਯਤਨ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਨਾਲ ਪਾਰਟੀ ਦਾ ਸਿੱਖ ਵਿਰੋਧੀ ਚੇਹਰਾ ਇਕ ਵਾਰ ਫਿਰ ਨੰਗਾ ਹੋ ਗਿਆ ਹੈ।
ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਮ ਆਦਮੀ ਪਾਰਟੀ ਨੇ ਉਸ ਵਿਅਕਤੀ ਨੂੰ ਉਮੀਦਵਾਰ ਬਣਾਇਆ ਜਿਸ ਉਪਰ ਅੰਮ੍ਰਿਤਸਰ ਰੇਲਵੇ ਸਟੇਸ਼ਨ ਵਿਖੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਤੋੜਨ ਅਤੇ ਹੋਰ ਸਿੱਖ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਦੋਸ਼ ਹੈ। ਉਹਨਾਂ ਕਿਹਾ ਕਿ ਅਜਿਹਾ ਕਰ ਕੇ ਪਾਰਟੀ ਨੇ ਇਕ ਵਾਰ ਫਿਰ ਤੋਂ ਸਿੱਖ ਭਾਈਚਾਰੇ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ। ਉਹਨਾਂ ਕਿਹਾ ਕਿ ਇਹ ਪਾਰਟੀ ਜਿਸਨੇ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਨਾਲ ਆਪਣੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਛਾਪ ਦਿੱਤਾ ਸੀ ਅਤੇ ਇਸਦੇ ਆਗੂ ਦੁਰਗੇਸ਼ ਪਾਠਕ ਨੇ  ਆਪਣੀ ਪਾਰਟੀ ਦੇ ਚੋਣ ਮਨੋਰਥ ਪੱਤਰ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰ ਦਿੱਤੀ, ਬਾਰੇ ਹੁਣ ਖੁਲਾਸਾ ਹੋਇਆ ਹੈ ਕਿ ਉਸਨੇ ਸਿੱਖ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਵਿਅਕਤੀ ਨੂੰ ਟਿਕਟ ਦੇ ਕੇ ਨਿਵਾਜਿਆ ਹੈ।
ਸ੍ਰੀ ਸਿਰਸਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਅਤੇ ਇਥੋਂ ਤੱਕ ਕਿ ਹੋਰ ਵਿਰੋਧੀ ਪਾਰਟੀਆਂ ਦੇ ਆਗੂ ਵੀ ਵਾਰ ਵਾਰ ਇਹ ਕਹਿ ਚੁੱਕੇ ਹਨ ਕਿ  ਆਪ ਦੀ ਲੀਡਰਸ਼ਿਪ ਨੂੰ ਪੰਜਾਬ ਦੇ ਸਭਿਆਚਾਰ, ਇਸਦੀਆਂ ਧਾਰਿਮਕ ਰਹੁ ਰੀਤਾਂ ਤੇ ਕਦਰਾਂ ਕੀਮਤਾਂ ਤੇ ਇਤਿਹਾਸ ਬਾਰੇ ਜਾਣਕਾਰੀ ਨਹੀਂ ਹੈ। ਉਹਨਾ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ  ਇਹ ਪਾਰਟੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ‘ਤੇ ਉਤਾਰੂ ਹੈ। ਉਹਨਾਂ ਕਿਹਾ ਕਿ  ਅਜਿਹਾ ਜਾਪਦਾ ਹੈ ਕਿ ਪਾਰਟੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਕੇ ਰਾਜਸੀ ਲਾਭ ਲੈਣ ਦੀ ਪੁਰਾਣੀ ਖੇਡ ਖੇਡਣਾ ਚਾਹੁੰਦੀ ਹੈ।
ਅਕਾਲੀ ਦਲ ਆਗੂ ਨੇ ਆਪ ਲੀਡਰਸ਼ਿਪ ਨੂੰ ਚੇਤਾਵਨੀ ਦਿੱਤੀ ਕਿ ਉਹ ਅਜਿਹੀਆਂ ਕੋਝੀਆਂ ਹਰਕਤਾਂ ਤੋਂ  ਬਾਜ ਆਵੇ ਤੇ ਜੇਕਰ ਇਸਨੇ ਇਥੋਂ ਚੋਣ ਲੜਨੀ ਹੈ ਤਾਂ ਫਿਰ ਪੰਜਾਬ ਦੀ ਬਣਤਰ ਤੇ ਇਤਿਹਾਸ ਬਾਰੇ ਜਾਣਨ ਦਾ ਯਤਨ ਕਰੇ। ਉਹਨਾਂ ਕਿਹਾ ਕਿ ਰਾਜ ਦੇ ਲੋਕ ਪਹਿਲਾਂ ਹੀ ਆਪ ਲੀਡਰਸ਼ਿਪ ਦੀ  ਯੋਜਨਾ ਨੂੰ ਸਮਝ ਚੁੱਕੇ ਹਨ ਤੇ ਇਸ ਪਾਰਟੀ ਨੂੰ ਉਮਰ ਭਰ ਲਈ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ।

LEAVE A REPLY