ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਂਸਰ ਰੋਗ ਨਾਲ ਜੂਝ ਰਹੇ ਪ੍ਰਸਿੱਧ ਸਾਹਿਤਕਾਰ ਅਜਮੇਰ ਔਲਖ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਔਲਖ ਪਿਛਲੇ ਕੁਝ ਸਾਲਾਂ ਤੋਂ ਕੈਂਸਰ ਰੋਗ ਨਾਲ ਪੀੜਤ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪ੍ਰਮੁੱਖ ਸਕੱਤਰ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਇਹ ਰਾਸ਼ੀ ਤੁੰਰਤ ਜਾਰੀ ਕਰਨ ਲਈ ਆਖਿਆ।
ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਔਲਖ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਜ਼ਿਕਰਯੋਗ ਹੈ ਕਿ ਰੰਗਮੰਚ ਦੀ ਉੱਘੀ ਹਸਤੀ ਅਜਮੇਰ ਔਲਖ ਨੇ ਆਪਣਾ ਸਮੁੱਚਾ ਜੀਵਨ ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਔਕੜਾਂ ਭਰੇ ਹਾਲਾਤ ਨੂੰ ਨਾਟਕਾਂ ਰਾਹੀਂ ਉਭਾਰਦਿਆਂ ਸਮਰਪਿਤ ਕਰ ਦਿੱਤਾ।