ਰਾਸ਼ਟਰਪਤੀ ਵਜੋਂ ਪਹਿਲੀ ਵਾਰ ਐੱਸ.ਏ.ਐੱਸ. ਨਗਰ ਪੁੱਜ ਰਹੇ ਸ੍ਰੀ ਰਾਮ ਨਾਥ ਕੋਵਿੰਦ ਦਾ ਕੀਤਾ ਜਾਵੇਗਾ ਭਰਵਾਂ ਸਵਾਗਤ
ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਡਿਗਰੀ ਵੰਡ ਸਮਾਗਮ ਵਿੱਚ ਹੋਣਗੇ ਸ਼ਾਮਲ
ਦੇਸ਼ ਦੀ ਨਾਮਵਰ ਸੰਸਥਾ ਆਈਸਰ ਵੱਲੋਂ ਕਰਵਾਇਆ ਜਾ ਰਿਹਾ ਹੈ 07ਵਾਂ ਡਿਗਰੀ ਵੰਡ ਸਮਾਗਮ
ਐੱਸ.ਏ.ਐੱਸ. ਨਗਰ 3- ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈਸਰ) ਸੈਕਟਰ 81, ਐਸ.ਏ.ਐਸ. ਨਗਰ, ਵਿਖੇ 20 ਮਈ ਨੂੰ ਦੇਸ਼ ਦੀ ਇਸ ਨਾਮਵਰ ਸੰਸਥਾ ਦੇ 07ਵੇਂ ਡਿਗਰੀ ਵੰਡ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਵੱਖ-ਵੱਖ ਸਟਰੀਮਾਂ ਦੇ 153 ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣਗੇ ਅਤੇ ਇਸ ਤੋਂ ਪਹਿਲਾਂ ਉਹ ਸੰਸਥਾ ਦੇ ਵਿਹੜੇ ਵਿੱਚ ਇੱਕ ਬੂਟਾ ਵੀ ਲਾਉਣਗੇ। ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਸ੍ਰੀ ਕਪਤਾਨ ਸਿੰਘ ਸੋਲੰਕੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕਰਨਗੇ। ਇਸ ਡਿਗਰੀ ਵੰਡ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਆਡੀਟੋਰੀਅਮ ਨੂੰ ਬੈਠਣ ਲਈ ਸੁਚੱਜੇ ਪ੍ਰਬੰਧਾਂ ਦੇ ਮੱਦੇਨਜਰ ਵੱਖ-ਵੱਖ ਭਾਗਾਂ ਵਿੱਚ ਵੰਡਿਆ ਗਿਆ ਹੈ ਅਤੇ ਮੀਡੀਏ ਲਈ ਵਿਸ਼ੇਸ ਗੈਲਰੀ ਬਣਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈਸਰ ਦੇ ਡਾਇਰੈਕਟਰ ਪ੍ਰੋ.ਦੇਬੀ ਪ੍ਰਸਾਦ ਸਰਕਾਰ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਕੁਲ 153 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਜਾਣੀਆਂ ਹਨ, ਜਿਨ੍ਹਾਂ ਵਿੱਚ ਬੀ.ਐਸ.-ਐਮ.ਐਸ (ਭੌਤਿਕ ਵਿਗਿਆਨ) ਦੇ 42, ਬੀ.ਐਸ.-ਐਮ.ਐਸ (ਜੀਵ ਵਿਗਿਆਨ) ਦੇ 30, ਬੀ.ਐਸ.-ਐਮ.ਐਸ (ਰਸਾਇਣ ਵਿਗਿਆਨ) ਦੇ 28, ਬੀ.ਐਸ.-ਐਮ.ਐਸ (ਗਣਿਤ) ਦੇ 17 ਵਿਦਿਆਰਥੀਆਂ ਅਤੇ ਬੀ.ਐਸ. ਦੇ 04 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਜਾਣਗੀਆਂ। ਇਸ ਤੋਂ ਇਲਾਵਾ ਪੀਐਚ.ਡੀ. ਅਤੇ ਇੰਟੇਗਰੇਟਿਡ ਪੀਐਚ.ਡੀ. ਦੇ ਕੁੱਲ 32 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਜਾਣੀਆਂ ਹਨ। ਸਮਾਗਮ ਵਿੱਚ ਆਈਸਰ ਦੇ ਬੋਰਡ ਆਫ਼ ਗਵਰਨਰਜ਼ ਦੇ ਚੇਅਰਪਰਸਨ ਡਾ. ਮਧੂਚੰਦਾ ਕਰ ਵੀ ਸ਼ਾਮਲ ਹੋਣਗੇ।
ਸਮਾਗਮ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਅਧਿਕਾਰੀਆਂ ਵੱਲੋਂ ਇਹ ਗੱਲ ਵੀ ਯਕੀਨੀ ਬਣਾਈ ਜਾ ਰਹੀ ਹੈ ਕਿ ਸਮਾਗਮ ਦੇ ਪ੍ਰਬੰਧਾਂ ਕਾਰਨਾਂ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਆਈਸਰ ਦੇ ਪ੍ਰਬੰਧਕਾਂ ਵੱਲੋਂ ਇਸ ਗੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਕਿ ਸਮਾਗਮ ਸਬੰਧੀ ਡਿਊਟੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।