ਸੂਬੇ ਵਿੱਚ ਸਫਲਤਾਪੂਰਵਕ ਚੱਲ ਰਹੀ ਹੈ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ
– 13 ਜ਼ਿਲ੍ਹਿਆਂ ਦੇ 79 ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿਚ ਲਾਗੂ
– ਆਧੁਨਿਕ ਪ੍ਰਣਾਲੀ ਸਦਕਾ ਲੋਕਾਂ ਨੂੰ ਖੱਜਲ-ਖੁਆਰੀ ਤੋਂ ਮਿਲੀ ਰਾਹਤ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਉੱਤੇ ਮਾਲ ਵਿਭਾਗ ਵੱਲੋਂ ਸ਼ੁਰੂ ਕੀਤੀ ਕਲਾਊਡ-ਬੇਸਡ ਐਨ.ਜੀ.ਡੀ.ਆਰ.ਐਸ (ਨੈਸ਼ਨਲ ਜੈਨਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਿਸਟਮ) ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਕਾਮਯਾਬੀ ਨਾਲ ਚੱਲ ਰਹੀ ਹੈ। ਨਵੰਬਰ 2017 ਤੋਂ ਸ਼ੁਰੂ ਹੋਏ ਇਸ ਪ੍ਰੋਜੈਕਟ ਰਾਹੀਂ ਸੂਬੇ ਵਿੱਚ ਮਈ ਦੇ ਆਖਰੀ ਹਫਤੇ ਤੱਕ 52859 ਦੇ ਕਰੀਬ ਆਨ-ਲਾਈਨ ਰਜਿਸਟਰੀਆਂ ਹੋ ਚੁੱਕੀਆਂ ਹਨ।
ਇਸ ਤੋਂ ਪਹਿਲਾਂ ਮਾਲ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਆਪਣਾ ਅਹੁਦਾ ਸੰਭਾਲਦੇ ਸਾਰ ਹੀ ਦਿਸ਼ਾ-ਨਿਰਦੇਸ਼ ਦਿੱਤੇ ਸਨ ਕਿ ਪੰਜਾਬ ਦੇ ਲੋਕਾਂ ਨੂੰ ਜਾਇਦਾਦ ਰਜਿਸਟ੍ਰੇਸ਼ਨ ਦਾ ਕੰਮ ਪਾਰਦਰਸ਼ੀ, ਸਰਲ ਅਤੇ ਸੁਚੱਜੀ ਪ੍ਰਣਾਲੀ ਰਾਹੀਂ ਪ੍ਰਦਾਨ ਕੀਤਾ ਜਾਵੇ।
ਇਸ ਬਾਬਤ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਪ੍ਰਕਿਰਿਆ ਸੂਬੇ ਦੇ 13 ਜ਼ਿਲ੍ਹਿਆਂ ਦੇ 79 ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿਚ ਚੱਲ ਰਹੀ ਹੈ ਜਿਨ੍ਹਾਂ ‘ਚ ਮੋਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ, ਫਰੀਦਕੋਟ, ਪਠਾਨਕੋਟ, ਕਪੂਰਥਲਾ, ਬਠਿੰਡਾ, ਫਾਜ਼ਿਲਕਾ, ਪਟਿਆਲਾ, ਐਸਬੀਐਸ ਨਗਰ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਮਾਨਸਾ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਮੋਗਾ ਅਤੇ ਆਦਮਪੁਰ ਵਿਚ ਇਸ ਨੂੰ ਪਾਇਲਟ ਪ੍ਰੋਜੈਕਟ ਵੱਜੋਂ ਸ਼ੁਰੂ ਕੀਤਾ ਗਿਆ ਸੀ ਅਤੇ ਉੱਥੇ ਵੀ ਇਹ ਪ੍ਰੋਜੈਕਟ ਕਾਮਯਾਬੀ ਨਾਲ ਚੱਲ ਰਿਹਾ ਹੈ। ਐਨ.ਜੀ.ਡੀ.ਆਰ.ਐਸ ਦੇ ਪੋਰਟਲ ਉੱਤੇ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਦੀ ਸੁਵਿਧਾ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਦੇ ਸ਼ੁਰੂ ਹੋਣ ਤੋਂ ਬਾਅਦ ਐਸ.ਏ.ਐਸ ਨਗਰ ਵਿੱਚ ਮਈ 2018 ਦੇ ਆਖਰੀ ਹਫਤੇ ਤੱਕ ਕੁੱਲ 17497 ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ ਅਤੇ ਕੋਈ ਵੀ ਮੈਨੁਅਲ ਰਜਿਸਟ੍ਰੇਸ਼ਨ ਨਹੀਂ ਕੀਤੀ ਗਈ। ਜਦਕਿ ਬਠਿੰਡਾ ਵਿਚ 5354, ਫਰੀਦਕੋਟ ਵਿਚ 3674, ਫਤਹਿਗੜ੍ਹ ਸਾਹਿਬ ਵਿਚ 3100, ਫਾਜ਼ਿਲਕਾ ਵਿਚ 1474, ਫਿਰੋਜ਼ਪੁਰ ਵਿਚ 293, ਕਪੂਰਥਲਾ ਵਿਚ 4547, ਮਾਨਸਾ ਵਿਚ 166, ਪਠਾਨਕੋਟ ਵਿਚ 1757, ਪਟਿਆਲਾ ਵਿਚ 4902, ਰੂਪਨਗਰ ਵਿਚ 3066, ਐਸਬੀਐਸ ਨਗਰ ਵਿਚ 613, ਸ੍ਰੀ ਮੁਕਤਸਰ ਸਾਹਿਬ ਵਿਚ 1681, ਮੋਗਾ 3503 ਅਤੇ ਆਦਮਪੁਰ ਵਿੱਚ 1232 ਆਨ-ਲਾਈਨ ਰਜਿਸਟ੍ਰੀਆਂ ਕੀਤੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਮੈਨੂਅਲ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਥਾਂ ‘ਤੇ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਪ੍ਰਕਿਰਿਆ ਅਪਣਾਉਣ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਨਵੀਨ ਪ੍ਰਣਾਲੀ ਸੂਬੇ ਵਿਚ ਕਾਮਯਾਬੀ ਨਾਲ ਚੱਲ ਰਹੀ ਹੈ ਅਤੇ ਲੋਕਾਂ ਦਾ ਭਰੋਸਾ ਵੀ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਇਹ ਪ੍ਰਣਾਲੀ ਸੂਬੇ ਦੇ ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਵੀ ਸ਼ੁਰੂ ਕਰ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਦੀ ਇਹ ਆਧੁਨਿਕ ਪ੍ਰਣਾਲੀ ਬਹੁਤ ਸਰਲ ਅਤੇ ਸੁਖਾਲੀ ਹੈ। ਇਸ ਵਿੱਚ ਬਹੁਤ ਸਾਰੀਆਂ ਵਿਸ਼ੇਸ਼ਤਾਵਾਂ ਹਨ ਜਿਵੇਂ ਕਿ ਲੋਕਾਂ ਨੂੰ 24*7 (ਚੌਵੀ ਘੰਟੇ) ਰਜਿਸਟ੍ਰੇਸ਼ਨ ਦੇ ਵੇਰਵੇ ਅਤੇ ਆਪਣੀ ਜਾਇਦਾਦ ਸਬੰਧੀ ਦਸਤਾਵੇਜ਼ ਅੱਪਲੋਡ ਕਰਨ ਦੀ ਸਹੂਲਤ, ਆਟੋਮੈਟਿਕ ਸਟੈਂਪ ਡਿਊਟੀ ਕੈਲਕੂਲੇਟ ਕਰਨ ਦੀ ਸਹੂਲਤ, ਕੁਲੈਕਟਰ ਰੇਟਾਂ ‘ਤੇ ਅਧਾਰਿਤ ਰਜਿਸਟ੍ਰੇਸ਼ਨ ਫੀਸ ਅਤੇ ਹੋਰ ਫੀਸਾਂ ਦੀ ਜਾਣਕਾਰੀ ਤੋਂ ਇਲਾਵਾ ਵਸੀਕਾ ਨਵੀਸਾਂ ਉੱਤੇ ਬੇਲੋੜੀ ਨਿਰਭਰਤਾ ਨੂੰ ਘੱਟ ਕਰਨਾ ਆਦਿ ਸ਼ਾਮਿਲ ਹੈ। ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਖਤਮ ਹੋਣ ਉਪਰੰਤ ਸਬੰਧਤ ਵਿਅਕਤੀ ਨੂੰ ਇੱਕ ਮੋਬਾਈਲ ਸੰਦੇਸ਼ ਭੇਜ ਦਿੱਤਾ ਜਾਂਦਾ ਹੈ ਤਾਂ ਜੋ ਧੋਖਾਧੜੀ ਦੀ ਕੋਈ ਗੁੰਜਾਇਸ਼ ਨਾ ਰਹੇ। ਇਸ ਪ੍ਰਣਾਲੀ ਰਾਹੀਂ ਆਨ-ਲਾਈਨ ਮੁਲਾਕਾਤ ਦਾ ਸਮਾਂ ਲੈਣ ਦੀ ਸੁਵਿਧਾ ਹੈ ਜਿਸ ਨਾਲ ਲੋਕ ਆਪਣੀ ਮਰਜ਼ੀ ਅਤੇ ਸਹੂਲਤ ਅਨੁਸਾਰ ਰਜਿਸਟ੍ਰੇਸ਼ਨ ਲਈ ਸਮਾਂ ਅਤੇ ਤਾਰੀਖ ਲੈ ਸਕਦੇ ਹਨ ਤਾਂ ਜੋ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ।