ਸਿਹਤ ਵਿਭਾਗ ਵੱਲੋਂ ਲਾਏ ਜ਼ਿਲ੍ਹਾ ਪੱਧਰੀ ਸਿਹਤ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਮੇਲੇ ਵਿੱਚ ਲਾਏ ਵੱਖ ਵੱਖ ਬਿਮਾਰੀਆਂ ਸਬੰਧੀ ਸਟਾਲਾਂ ਦਾ ਜਾਇਜ਼ਾ ਲਿਆ
ਲੋਕਾਂ ਨੂੰ ਸਫ਼ਾਈ ਪ੍ਰਤੀ ਸੁਚੇਤ ਰਹਿਣ ਦੀ ਕੀਤੀ ਅਪੀਲ
ਐਸ.ਏ.ਐਸ. ਨਗਰ : ਸਿਹਤ ਵਿਭਾਗ ਵੱਲੋਂ ਪਿੰਡ ਬਲੌਂਗੀ ਵਿੱਚ ਵਿਸ਼ਵ ਆਬਾਦੀ ਦਿਵਸ ਤਹਿਤ ਮਨਾਏ ਜਾ ਰਹੇ ਆਬਾਦੀ ਸਥਿਰਤਾ ਪੰਦਰਵਾੜੇ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਮੇਲਾ ਲਾਇਆ ਗਿਆ, ਜਿਸ ਵਿੱਚ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ, ਪੰਜਾਬ, ਸ.ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੇਲੇ ਵਿਚ ਪਰਿਵਾਰ ਨਿਯੋਜਨ ਦੇ ਵੱਖ ਵੱਖ ਤਰੀਕਿਆਂ, ਤੰਬਾਕੂ, ਡੇਂਗੂ, ਮਲੇਰੀਆ, ਸਵਾਈਨ ਫ਼ਲੂ, ਨਸ਼ਾਖ਼ੋਰੀ, ਮਾਨਸਿਕ ਰੋਗ ਰੋਕਥਾਮ ਸਬੰਧੀ ਵੱਖ ਵੱਖ ਸਟਾਲ ਲਾਏ ਗਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈੇ। ਉਨ੍ਹਾਂ ਕਿਹਾ ਕਿ ਵਧਦੀ ਆਬਾਦੀ ਦੇਸ਼ ਦੀ ਤਰੱਕੀ ਵਿੱਚ ਰੋੜਾ ਹੈ ਤੇ ਲੋਕਾਂ ਨੂੰ ਖਾਸ ਕਰਕੇ ਸਲਮਜ਼ ਅਤੇ ਹੋਰਨਾਂ ਪੱਛੜੇ ਇਲਾਕਿਆਂ ਵਿੱਚ ਲੋਕਾਂ ਨੂੰ ਵਧਦੀ ਆਬਾਦੀ ਦੇ ਨੁਕਸਾਨ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਅਤੇ ਦੇਸ਼ ਦੀ ਤਰੱਕੀ ਦੀ ਸਿੱਖਿਆ ਹੀ ਅਹਿਮ ਸਾਧਨ ਹੈ , ਜਿਸ ਦੇ ਪਸਾਰੇ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ।
ਸ. ਸਿੱਧੂ ਨੇ ਕਿਹਾ ਕਿ ਪਰਿਵਾਰ ਨਿਯੋਜਨ ਸਬੰਧੀ ਕਰਵਾਏ ਸਮਾਗਮ ਦੌਰਾਨ ਜੋ ਵੱਖ – ਵੱਖ ਸਟਾਲ ਲਾ ਕੇ ਵੱਖ ਵੱਖ ਬਿਮਾਰੀਆਂ ਤੇ ਉਨ੍ਹਾਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਦਿਨਾਂ ਦੌਰਾਨ ਡੇਂਗੂ ਸਬੰਧੀ ਬਹੁਤ ਜ਼ਿਆਦਾ ਸਾਵਧਾਨੀ ਵਰਤਣ ਦੀ ਲੋੜ ਹੁੰਦੀ ਹੈ। ਇਸ ਲਈ ਜ਼ਰੂਰੀ ਹੈ ਕਿ ਸਿਹਤ ਵਿਭਾਗ ਵੱਲੋਂ ਦਿੱਤੀ ਜਾ ਰਹੀ ਜਾਣਕਾਰੀ ਅਤੇ ਹਦਾਇਤਾਂ ਵੱਲ ਖਾਸ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਗਰੀਬ ਅਤੇ ਅਮੀਰ ਦੋਵਾਂ ਵਰਗਾਂ ਨਾਲ ਸਬੰਧਿਤ ਲੋਕਾਂ ਵਿੱਚੋਂ ਕੋਈ ਵੀ ਨਸ਼ੇ ਦਾ ਸ਼ਿਕਾਰ ਹੋ ਸਕਦਾ ਹੈ । ਇਸ ਲਈ ਜ਼ਰੂਰੀ ਹੈ ਕਿ ਸਮੁੱਚੇ ਸਮਾਜ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਜੁੱਟ ਹੋ ਕੇ ਕੰਮ ਕੀਤਾ ਜਾਵੇ । ਨਸ਼ਿਆਂ ਦੇ ਖਾਤਮੇ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤੇ ਨੋਜਵਾਨਾਂ ਨੂੰ ਨਸ਼ੇ ਉੱਤੇ ਲਾ ਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ । ਉਨ੍ਹਾਂ ਕਿਹਾ ਕਿ ਨਸ਼ੇ ਦੀ ਲਪੇਟ ਵਿੱਚ ਆਏ ਲੋਕਾਂ ਦਾ ਇਲਾਜ ਸਰਕਾਰ ਵੱਲੋਂ ਮੁਫਤ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਬਲੌਂਗੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫਾਈ ਦਾ ਖ਼ਾਸ ਧਿਆਨ ਰੱਖਣ । ਉਨ੍ਹਾਂ ਕਿਹਾ ਕਿ ਘਰਾਂ ਦੀ ਸਫਾਈ ਦੇ ਨਾਲ – ਨਾਲ ਆਲੇ ਦੁਆਲੇ ਦੀ ਸਫਾਈ ਲਾਜ਼ਮੀ ਹੈ ਤੇ ਜੇਕਰ ਸਫਾਈ ਸਬੰਧੀ ਕੋਈ ਕਰਮਚਾਰੀ ਅਣਗਹਿਲੀ ਕਰ ਰਿਹਾ ਹੈ ਤਾਂ ਉਸ ਸਬੰਧੀ ਜਾਣਕਾਰੀ ਤੁਰੰਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ ਜਾਵੇ । ਮੇਲੇ ਦੌਰਾਨ ਲਾਏ ਸਟਾਲਾਂ ਵਿਚ ਮੈਡੀਕਲ ਅਫ਼ਸਰਾਂ ਦੇ ਨਾਲ-ਨਾਲ ਹੋਰ ਸਟਾਫ਼ ਨੇ ਲੋਕਾਂ ਨੂੰ ਜ਼ਰੂਰੀ ਦਵਾਈਆਂ ਦਿੱਤੀਆਂ ਅਤੇ ਵੱਖ ਵੱਖ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਆਦਿ ਬਾਰੇ ਵਡਮੁੱਲੀ ਜਾਣਕਾਰੀ ਦਿਤੀ ਗਈ। ਵੱਖ ਵੱਖ ਬੀਮਾਰੀਆਂ ਤੋਂ ਬਚਾਅ ਦਾ ਹੋਕਾ ਦਿੰਦੇ ਬੈਨਰ, ਪੋਸਟਰ ਆਦਿ ਥਾਂ ਥਾਂ ਲਾਏ ਗਏ ਸਨ। ਇਸ ਮੌਕੇ ਸ. ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਕੇਸ਼ ਸਿੰਗਲਾ, ਐਸਐਮਓ ਘੜੂੰਆਂ ਹਸਪਤਾਲ ਡਾ. ਕੁਲਜੀਤ ਕੌਰ, ਡਾ. ਸ਼ਿਵਾਨੀ, ਡਾ. ਦੀਪਤੀ, ਡਾ. ਪੂਜਾ ਗਰਗ, ਕੁਲਵਿੰਦਰ ਸ਼ਰਮਾ, ਕੁਲਦੀਪ ਸਿੰਘ, ਮਨਜੀਤ ਸਿੰਘ, ਬੀ. ਪ੍ਰੇਮੀ ਅਤੇ ਰਾਜਿੰਦਰ ਬਾਂਸਲ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਮੌਜੂਦ ਸਨ।