ਜਲੰਧਰ, – ਪੰਜਾਬ ਨਾਲ ਸਬੰਧਤ ਕਾਂਗਰਸੀ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਦਿੱਲੀ ਤੋਂ ਬਾਹਰ ਪੰਜਾਬ ਨੂੰ ਗੁਆਂਢੀ ਸੂਬਿਆਂ ਦੇ ਬਰਾਬਰ ਉਦਯੋਗਿਕ ਪੈਕੇਜ ਦੇਣ ਦੇ ਮੁੱਦੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਹੈ। ਕਾਂਗਰਸੀ ਸੰਸਦ ਮੈਂਬਰਾਂ ਦਾ ਮੰਨਣਾ ਸੀ ਕਿ ਗੁਆਂਢੀ ਸੂਬੇ ‘ਚ ਇੰਡਸਟਰੀ ਲਾਉਣ ‘ਤੇ ਕੇਂਦਰ ਸਰਕਾਰ ਵਲੋਂ ਦਿੱਤੀ ਗਈ ਟੈਕਸਾਂ ‘ਚ ਛੋਟ ਕਾਰਨ ਉਦਯੋਗ ਇਨ੍ਹਾਂ ਸੂਬਿਆਂ ਵਲ ਆਕਰਸ਼ਿਤ ਹੋ ਰਹੇ ਹਨ ਜਿਸ ਨਾਲ ਪੰਜਾਬ ‘ਚ ਇੰਡਸਟਰੀ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਸੰਸਦ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਵਾਲਿਆਂ ‘ਚ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਸ਼ਾਮਲ ਸਨ।
ਸੰਸਦ ਮੈਂਬਰਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੀ ਇੰਡਸਟਰੀ ਪ੍ਰਤੀ ਭੇਦਭਾਵਪੂਰਨ ਰਵੱਈਆ ਅਪਣਾਇਆ ਹੋਇਆ ਹੈ। ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਨੂੰ ਵਿਸ਼ੇਸ਼ ਉਦਯੋਗਿਕ ਪੈਕੇਜ ਦਿੱਤੇ ਜਾਣ ਕਾਰਨ ਪੰਜਾਬ ਦੀ ਇੰਡਸਟਰੀ ਪਿੱਛੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ‘ਚ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ‘ਚ ਲਗਾਤਾਰ ਲੱਗੇ ਹੋਏ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਦਾ ਹੁਣ ਤਕ ਸਹਿਯੋਗ ਨਾਂਹਪੱਖੀ ਰਿਹਾ ਹੈ। ਪਿਛਲੇ ਕੁਝ ਸਾਲਾਂ ਤੋਂ ਕਈ ਉਦਯੋਗ ਪਲਾਇਨ ਕਰਕੇ ਗੁਆਂਢੀ ਸੂਬਿਆਂ ‘ਚ ਚਲੇ ਗਏ ਹਨ।
ਜਾਖੜ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕੇ ਵੀ ਨਵੀਂ ਇੰਡਸਟਰੀ ਦੇ ਇੰਤਜ਼ਾਰ ‘ਚ ਹਨ, ਕਿਉਂਕਿ ਸਰਹੱਦੀ ਖੇਤਰਾਂ ‘ਚ ਪਿਛਲੇ ਕਈ ਸਾਲਾਂ ਤੋਂ ਨਵੀਂ ਇੰਡਸਟਰੀ ਨਹੀਂ ਲੱਗੀ ਹੈ। ਬੇਰੋਜ਼ਗਾਰੀ ਵਧ ਰਹੀ ਹੈ ਪਰ ਕੇਂਦਰ ਸਰਕਾਰ ਉਦਯੋਗਾਂ ਨੂੰ ਨਵੀਆਂ ਰਿਆਇਤਾਂ ਦੇਣ ਲਈ ਤਿਆਰ ਨਹੀਂ ਹੈ।