ਭਲਕੇ 11 ਅਗਸਤ ਨੂੰ ਗੜ੍ਹਸ਼ੰਕਰ ‘ਚ ਕੀਤੀ ਜਾਣ ਵਾਲੀ ਰੈਲੀ ‘ਚ ਪਹੁੰਚਣ ਦੀ ਕੀਤੀ ਅਪੀਲ
ਚੰਡੀਗੜ੍ਹ : ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਸੁਖਪਾਲ ਖਹਿਰਾ ਧੜੇ ਨੇ ਆਪਣੀ ਪਲੇਠੀ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਕੀਤੀ । ਇਸ ਮੌਕੇ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਬਰਗਾੜੀ ਮਾਮਲੇ ਦੀ ਰਿਪੋਰਟ ਆਈ ਨੂੰ ਇਕ ਮਹੀਨੇ ਦਾ ਸਮਾਂ ਹੋ ਗਿਆ ਫਿਰ ਵੀ ਸਰਕਾਰ ਵਲੋਂ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਖਹਿਰਾ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਵਲੋਂ ਬਰਗਾੜੀ ਗੋਲੀ ਕਾਂਡ ਦੀ ਰਿਪੋਰਟ ਵੀ ਸਰਕਾਰ ਨੂੰ ਸੌਂਪ ਦਿੱਤੀ ਗਈ ਹੈ, ਜਿਸ ਵਿਚ ਅੱਠ-ਨੌਂ ਪੁਲਿਸ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ, ਪਰ ਕੈਪਟਨ ਸਰਕਾਰ ਨੇ ਇਸ ‘ਤੇ ਕਾਰਵਾਈ ਕਰਨ ਦੀ ਬਜਾਏ ਮਾਮਲੇ ਨੂੰ ਸੀ. ਬੀ. ਆਈ. ਹਵਾਲੇ ਕਰ ਦਿੱਤਾ। ਖਹਿਰਾ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਵਫਦ ਪੰਜਾਬ ਦੇ ਰਾਜਪਾਲ ਨਾਲ ਵੀ ਮੁਲਾਕਾਤ ਕਰੇਗਾ।ઠਇਸ ਦੇ ਨਾਲ ਹੀ ਖਹਿਰਾ ਨੇ ਪਾਰਟੀ ਵਰਕਰਾਂ ਅਤੇ ਵਾਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਗੜ੍ਹਸ਼ੰਕਰ ਦੀ ਦਾਣਾ ਮੰਡੀ ਵਿਚ ਭਲਕੇ 11 ਅਗਸਤ ਨੂੰ 11 ਵਜੇ ਹੋਣ ਵਾਲੀ ਰੈਲੀ ਵਿਚ ਹੁੰਮ-ਹਮਾ ਕੇ ਪਹੁੰਚਣ।