ਨਵੀਂ ਦਿੱਲੀ— ਲੋਕ ਸਭਾ ਚੋਣਾਂ 2019 ਤੋਂ ਪਹਿਲਾਂ ਕਾਂਗਰਸ ਨੇ ਵੱਡਾ ਦਾਅ ਖੇਡਿਆ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪਾਰਟੀ ਵਿਚ ਵੱਡਾ ਬਦਲਾਅ ਕਰਦੇ ਹੋਏ ਆਪਣੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਪ੍ਰਿਯੰਕਾ ਗਾਂਧੀ ਨੂੰ ਪੂਰਬੀ-ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਿਯੰਕਾ ਫਰਵਰੀ ਦੇ ਪਹਿਲੇ ਹਫਤੇ ‘ਚ ਆਪਣੀ ਜ਼ਿੰਮੇਵਾਰੀ ਨੂੰ ਸੰਭਾਲੇਗੀ।
ਦੱਸਣਯੋਗ ਹੈ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਕਾਂਗਰਸ ਵਰਕਰਾਂ ਦੀ ਮੰਗ ਸੀ ਕਿ ਪ੍ਰਿਯੰਕਾ ਗਾਂਧੀ ਨੂੰ ਸਿਆਸਤ ਵਿਚ ਸ਼ਾਮਲ ਕੀਤਾ ਜਾਵੇ, ਜਿਸ ਨੂੰ ਹੁਣ ਪੂਰਾ ਕੀਤਾ ਗਿਆ ਹੈ। ਉਂਝ ਪ੍ਰਿਯੰਕਾ ਕਾਂਗਰਸ ਦੇ ਗੜ੍ਹ ਆਖੇ ਜਾਣ ਵਾਲੇ ਅਮੇਠੀ ਅਤੇ ਰਾਏਬਰੇਲੀ ਤੋਂ ਭਰਾ ਰਾਹੁਲ ਗਾਂਧੀ ਅਤੇ ਮਾਂ ਸੋਨੀਆ ਗਾਂਧੀ ਲਈ ਚੋਣ ਪ੍ਰਚਾਰ ਕਰਦੀ ਰਹੀ ਹੈ। ਇੱਥੇ ਦੱਸ ਦੇਈਏ ਕਿ ਲੋਕ ਸਭਾ ਚੋਣਾਂ 2019 ਕਾਫੀ ਫੈਸਲਾਕੁੰਨ ਹੋਣ ਵਾਲੀਆਂ ਹਨ, ਇਸ ਵਿਚ ਉੱਤਰ ਪ੍ਰਦੇਸ਼ ਦੀ ਭੂਮਿਕਾ ਕਾਫੀ ਅਹਿਮ ਹੈ। ਕਾਂਗਰਸ ਨੇ ਐਲਾਨ ਕੀਤਾ ਹੈ ਕਿ ਉਹ ਸੂਬੇ ਦੀਆਂ 80 ਲੋਕ ਸਭਾ ਸੀਟਾਂ ‘ਤੇ ਇਕੱਲੇ ਹੀ ਚੋਣ ਲੜੇਗੀ।
ਕਾਂਗਰਸ ਬੁਲਾਰੇ ਨੇ ਦੱਸਿਆ ਇਸ ਦੇ ਨਾਲ ਹੀ ਗੁਲਾਮ ਨਬੀਂ ਆਜ਼ਾਦ ਨੂੰ ਹਰਿਆਣਾ ਦੇ ਜਨਰਲ ਸਕੱਤਰ ਨਿਯੁਕਤ ਕੀਤੇ ਗਏ ਹਨ, ਜੋ ਕਿ ਹੁਣ ਤਕ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਇਸ ਤੋਂ ਇਲਾਵਾ ਜੋਤੀਰਾਦਿੱਤਿਆ ਸਿੰਧੀਆ ਨੂੰ ਪੱਛਮੀ-ਉੱਤਰ ਪ੍ਰਦੇਸ਼ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਰਾਸ਼ਟਰੀ ਜਨਰਲ ਸਕੱਤਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ, ਉਨ੍ਹਾਂ ਦੀ ਥਾਂ ਕੇ. ਸੀ. ਵੇਣੁਗੋਪਾਲ ਨੂੰ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।