ਬਠਿੰਡਾ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੌਥੇ ਬਦਲ ਦਾ ਅਸਰ ਅਕਾਲੀ ਦਲ ਬਾਦਲ ‘ਤੇ ਨਾ ਪੈਣ ਸੰਬੰਧੀ ਦਿੱਤੇ ਗਏ ਬਿਆਨ ਦਾ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਤਿੱਖਾ ਜਵਾਬ ਦਿੱਤਾ ਹੈ। ਬ੍ਰਹਮਪੁਰਾ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਦੇ ਕਹਿਣ ਦਾ ਕੋਈ ਫਰਕ ਨਹੀਂ ਪੈਂਦਾ ਕਿਉਂਕਿ ਉਸ ਦੀ ਆਪਣੀ ਪਾਰਟੀ ਦੀ ਹੋਂਦ ਖਤਰੇ ਵਿਚ ਹੈ। ਸੁਖਬੀਰ ਦੂਜਿਆਂ ਦੇ ਭਵਿੱਖ ‘ਤੇ ਗੱਲ ਕਰ ਰਹੇ ਹਨ ਜਦਕਿ ਉਨ੍ਹਾਂ ਦਾ ਆਪਣਾ ਭਵਿੱਖ ਹੀ ਹਨ੍ਹੇਰੇ ਵਿਚ ਹੈ।
ਬਠਿੰਡਾ ‘ਚ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਨੇ ਦਸ ਸਾਲ ਪੰਜਾਬ ਨੂੰ ਲੁੱਟਿਆ ਹੈ ਅਤੇ ਅੱਜ ਕਾਂਗਰਸ ਵੀ ਉਸੇ ਤਰਜ ‘ਤੇ ਬਾਦਲਾਂ ਦਾ ਬਚਾਅ ਕਰ ਰਹੀ ਹੈ। ਇਸ ਲਈ ਪੰਜਾਬ ਨੂੰ ਬਚਾਉਣ ਲਈ ਉਨ੍ਹਾਂ ਅਕਾਲੀ ਦਲ ਟਕਸਾਲੀ ਦਾ ਗਠਨ ਕੀਤਾ ਹੈ। ਇਸ ਮੌਕੇ ਸੇਵਾ ਸਿੰਘ ਸੇਖਵਾਂ, ਡਾ. ਰਤਨ ਸਿੰਘ ਅਜਨਾਲਾ ਵੀ ਮੌਜੂਦ ਸਨ। ਇਸ ਦੌਰਾਨ ਟਕਸਾਲੀਆਂ ਨੇ ਸਾਫ ਕੀਤਾ ਲੋਕ ਸਭਾ ਚੋਣਾਂ ਹਮਖਿਆਲੀ ਧਿਰਾਂ ਨਾਲ ਮਿਲ ਕੇ ਹੀ ਲੜੀਆਂ ਜਾਣਗੀਆਂ।